ਪਟਿਆਲਾ, 21 ਦਸੰਬਰ: ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ, ਪੰਜਾਬ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੇ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾ ਦੇ ਟਮਾਟਰ ਦੇ ਝੁਲਸ ਤੋਂ ਪ੍ਰਭਾਵਿਤ ਕਿਸਾਨਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਪਟਿਆਲਾ ਜ਼ਿਲ੍ਹੇ ਦੇ ਸਨੌਰ ਦੇ ਕਰੀਬ 11 ਪਿੰਡਾਂ ਵਿੱਚ ਕਰੀਬ 1000 ਏਕੜ ਰਕਬੇ ਵਿੱਚ ਟਮਾਟਰ ਦੀ ਫ਼ਸਲ ਬੀਜੀ ਗਈ ਹੈ, ਜਿਸ ਨੂੰ ਉੱਲੀ ਲੱਗਣ ਕਾਰਨ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।
ਕਿਸਾਨਾਂ ਨਾਲ ਮੁਲਾਕਾਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੈ ਇੰਦਰ ਕੌਰ ਨੇ ਕਿਹਾ ਕਿ, “ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ ਕਿ ਕਿਸ ਤਰ੍ਹਾਂ ਸਾਡੇ ਮਿਹਨਤੀ ਕਿਸਾਨਾਂ ਦੀਆਂ ਫ਼ਸਲਾਂ ਇਸ ਸਮੇਂ ਤੇ ਆਕੇ ਝੁਲਸ ਕੇ ਤਬਾਹ ਹੋ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ਅਤੇ ਪੰਜਾਬ ਦੀ ਉਪਜਾਊ ਜ਼ਮੀਨ ਨੂੰ ਬਚਾਉਣ ਲਈ ਫ਼ਸਲੀ ਵਿਭਿੰਨਤਾ ਨੂੰ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਰਿਹਾ ਹੈ ਅਤੇ ਹੁਣ ਇਹ ਸਰਕਾਰ ਦਾ ਫਰਜ਼ ਹੈ ਕਿ ਉਹ ਇਨ੍ਹਾਂ ਕਿਸਾਨਾਂ ਨੂੰ ਸਮਰਥਨ ਦੇਣ ਲਈ ਉਚਿਤ ਮੁਆਵਜ਼ਾ ਦੇਵੇ।”
ਜੈ ਇੰਦਰ ਕੌਰ ਨੇ ਅੱਗੇ ਕਿਹਾ, “ਇਸ ਉੱਲੀ ਦੇ ਹਮਲੇ ਕਾਰਨ ਇਲਾਕੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਭਾਰੀ ਮਾਲੀ ਨੁਕਸਾਨ ਹੋਇਆ ਹੈ, ਇਸ ਲਈ ਇੱਥੇ ਵਾਢੀ ਦੀ ਜਾਂਚ ਅਤੇ ਗਿਰਦਾਵਰੀ ਦੀ ਲੋੜ ਹੈ, ਇਸ ਲਈ ਮੈਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਤੀ ਕਰਦੀ ਹਾਂ ਕਿ ਉਹ ਤੁਰੰਤ ਗਿਰਦਾਵਰੀ ਦੇ ਹੁਕਮ ਦੇਣ ਅਤੇ ਇਨ੍ਹਾਂ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਵੀ ਦਿੱਤਾ ਜਾਵੇ।”
ਉਨ੍ਹਾਂ ਅੱਗੇ ਦੱਸਿਆ ਕਿ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਸ੍ਰੀਮਤੀ ਪ੍ਰਨੀਤ ਕੌਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖ ਕੇ ਇਨ੍ਹਾਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।