Monday, December 23, 2024
Google search engine
Homeपंजाबਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ 'ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ:...

ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ‘ਤੇ ਕੋਈ ਮਾਤਮੀ ਬਿਗਲ ਨਹੀਂ ਵਜਾਇਆ ਜਾਵੇਗਾ: ਮੁੱਖ ਮੰਤਰੀ

-ਪਵਿੱਤਰ ਦਿਹਾੜੇ ਮੌਕੇ ਕਿਸੇ ਵੀ ਤਰ੍ਹਾਂ ਦਾ ਵਿਵਾਦ ਟਾਲਣ ਲਈ ਲਿਆ ਫੈਸਲਾ

ਚੰਡੀਗੜ੍ਹ, 24 ਦਸੰਬਰ: ਪੰਜਾਬ ਸਰਕਾਰ ਨੇ ਸਿੱਖ ਰਵਾਇਤਾਂ ਅਨੁਸਾਰ 27 ਦਸੰਬਰ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੌਰਾਨ ਮਾਤਮੀ ਬਿਗਲ ਵਜਾਉਣ ਦੇ ਫੈਸਲੇ ਨੂੰ ਵਾਪਸ ਲੈ ਲਿਆ ਹੈ।

ਇੱਥੇ ਜਾਰੀ ਬਿਆਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਸੰਬਰ ਦਾ ਮਹੀਨਾ, ਜਿਸ ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਮੁੱਚੇ ਪਰਿਵਾਰ ਨੂੰ ਸ਼ਹੀਦ ਕੀਤਾ ਗਿਆ ਸੀ, ਸਮੁੱਚੀ ਮਨੁੱਖਤਾ ਲਈ ਸੋਗ ਦਾ ਮਹੀਨਾ ਹੈ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਕੁਰਬਾਨੀ ਵਿਸ਼ਵ ਭਰ ਦੇ ਮਨੁੱਖਤਾ ਦੇ ਇਤਿਹਾਸ ਵਿੱਚ ਬੇਮਿਸਾਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਾਤਾ ਗੁਜਰੀ ਜੀ ਸਮੇਤ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਸਦੀਆਂ ਤੋਂ ਪੰਜਾਬੀਆਂ ਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ ਅਤੇ ਛੋਟੇ ਸਾਹਿਬਜ਼ਾਦਿਆਂ ਵੱਲੋਂ ਛੋਟੀ ਉਮਰ ਵਿੱਚ ਦਿੱਤੀ ਗਈ ਮਹਾਨ ਕੁਰਬਾਨੀ ਦੀ ਮਿਸਾਲ ਸੰਸਾਰ ਦੇ ਇਤਿਹਾਸ ਵਿੱਚ ਕਿਤੇ ਨਹੀਂ ਮਿਲਦੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਚਾਹੁੰਦੀ ਹੈ ਕਿ ਇਸ ਪਵਿੱਤਰ ਦਿਹਾੜੇ ‘ਤੇ ਕਿਸੇ ਵੀ ਤਰ੍ਹਾਂ ਦੇ ਵਿਵਾਦ ‘ਚ ਫਸਣ ਦੀ ਬਜਾਏ ਹਰ ਪੰਜਾਬੀ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰੇ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਮੌਕੇ ਕਿਸੇ ਤਰ੍ਹਾਂ ਦੇ ਵਿਵਾਦ ਨੂੰ ਟਾਲਣ ਲਈ ਸੂਬਾ ਸਰਕਾਰ ਨੇ 27 ਦਸੰਬਰ ਨੂੰ ਮਾਤਮੀ ਬਿਗਲ ਵਜਾਉਣ ਦੇ ਆਪਣੇ ਫੈਸਲੇ ਨੂੰ ਵਾਪਸ ਲੈ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਦੀ ਸਰਕਾਰ ਹੈ ਅਤੇ ਹਰ ਫੈਸਲਾ ਜਨਤਾ ਦੇ ਵਡੇਰੇ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਂਦਾ ਹੈ।

RELATED ARTICLES
- Advertisment -
Google search engine

Most Popular

Recent Comments